ਇਸ ਜਿਲ੍ਹੇ ਦੇ ਡੀ.ਸੀ ਨੇ ਕੀਤੀ ਸਕੂਲ ਪ੍ਰਿੰਸੀਪਲਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ……….
ਇਸ ਜਿਲ੍ਹੇ ਦੇ ਡੀ.ਸੀ ਨੇ ਕੀਤੀ ਸਕੂਲ ਪ੍ਰਿੰਸੀਪਲਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ……….
ਲੁਧਿਆਣਾ, ( ਸੁਖਚੈਨ ਮਹਿਰਾ.ਰਾਮ ਕਸ਼ਅਪ ) ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਸਮੇਂ ਪੰਜਾਬ ਸਰਕਾਰ ਦੀ ਚਲਾਈ ਮੁਹਿੰਮ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ/ਬਚਾਓ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਸਵਰਨਜੀਤ ਕੌਰ ਅਤੇ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਦੇ ਮਾਹਰ ਡਾਕਟਰ ਬਿਸ਼ਵ ਮੋਹਨ ਨੇ ਵੀ ਭਾਗ ਲਿਆ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੀਡੀਓ ਕਾਨਫਰੰਸ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਆਪਕਾਂ ਰਾਹੀਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੋਵਿਡ 19 ਬਿਮਾਰੀ ਦੇ ਬਚਾਅ ਸਬੰਧੀ ਜਾਗਰੂਕ ਕਰਕੇ ਵਿਦਿਆਰਥੀਆਂ ਲਈ ਰੋਲ ਮਾਡਲ (ਪ੍ਰੇਰਨਾਸਰੋਤ) ਬਣਨ। ਉਹਨਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਯਕੀਨੀ ਬਨਾਉਣ ਕਿ ਵਿਦਿਆਰਥੀਆਂ ਦੀ ਆਨਲਾਈਨ ਕਲਾਸ ਲਗਾਉਣ ਤੋਂ ਪਹਿਲਾ ਹਰੇਕ ਅਧਿਆਪਕ ਵਿਦਿਆਰਥੀਆਂ ਨੂੰ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ/ਬਚਾਓ ਸਬੰਧੀ ਜਾਗਰੂਕ ਕਰੇ ਜਿਵੇ ਕਿ ਮਾਸਕ ਪਹਿਨਣਾ, ਸਰੀਰਕ ਦੂਰੀ ਬਣਾਈ ਰੱਖਣਾ, ਹੱਥਾਂ ਦੀ ਸਫਾਈ ਬਣਾਈ ਰੱਖਣਾ ਅਤੇ ਸਰਕਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਆਦਿ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
ਉਹਨਾਂ ਸਕੂਲ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਤਾਲਮੇਲ ਬਣਾ ਕੇ ਰੱਖਣ ਅਤੇ ਉਨ੍ਹਾਂ ਨੂੰ ਵੀ ਸਮਂੇ-ਸਮਂੇ ‘ਤੇ ਕੋਰੋਨਾ ਤੋ਼ ਬਚਾਅ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕੋਵਿਡ 19 ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਤੋਂ ਆਪਣੇ ਆਪ ਨੂੰ ਅਤੇ ਵਿਦਿਆਰਥੀਆਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਖੁਦ ਜਾਗਰੂਕ ਹੋ ਕੇ ਹੋਰਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰੀਏ ਅਤੇ ਆਪਾਂ ਸਾਰੇ ਰਲ ਮਿਲ ਕੇ ਹੀ ਕੋਵਿਡ 19 ਬਿਮਾਰੀ ਦਾ ਮੁਕਾਬਲਾ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਦਾ ਇੱਕੋ ਇੱਕ ਹੱਲ ਹੈ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜ਼ਾਰੀ ਦਿਸ਼ਾ ਨਿਰਦੇਸ਼ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਅਤੇ ਉਨ੍ਹਾ ਦੇ ਮਾਪਿਆਂ ਲਈ ਰੋਲ ਮਾਡਲ ਦਾ ਕੰਮ ਕਰਦੇ ਹਨ ਅਤੇ ਉਹਨਾਂ ਦੀ ਸ਼ਖਸ਼ੀਅਤ ਅਤੇ ਕਾਰਗੁਜਾਰੀ ਤੋਂ ਵਿਦਿਆਰਥੀ ਅਤੇ ਉਨ੍ਹਾ ਦੇ ਮਾਪੇ ਨੇੜੇ ਤੋਂ ਜਾਣੂ ਹੋਣ ਕਾਰਨ ਵਧੇਰੇ ਪ੍ਰਭਾਵਿਤ ਹੁੰਦੇ ਹਨ ਇਸ ਲਈ ਅਧਿਆਪਕਾਂ ਨੂੰ ਆਪਣੀ ਪ੍ਰਤੀਭਾ ਅਤੇ ਸ਼ਖਸ਼ੀਅਤ ਨੂੰ ਹੋਰ ਨਿਖਾਰਨ ਦੀ ਜਰੂਰਤ ਸਮੇ ਦੀ ਮੁੱਖ ਲੋੜ ਹੈ, ਕਿਉਕਿ ਅਧਿਆਪਕਾਂ ਦੀ ਬੇਹਤਰ ਕਾਰਗੁਜ਼ਾਰੀ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਵਿੱਚ ਮਹੱਤਵਪੂਰਨ ਭੂਮਿਕਾਂ ਅਦਾ ਕਰਦੀ ਹੈ। ਉਹਨਾਂ ਕਿਹਾ ਕਿ ਕੋਵਿਡ ਦੌਰਾਨ ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਨਾਉਣ ਲਈ ਮੁਕਾਬਲੇ ਬਾਜ਼ੀ ਦੇ ਦੌਰ ਵਿੱਚ ਜਿਕਰਯੋਗ ਸ਼ੰਘਰਸ਼ ਕਰਨ ਦੀ ਜਰੂਰਤ ਹੈ ਪੰਜਾਬ ਦੇ ਵਿਦਿਅਕ ਢਾਂਚੇ ਵਿੱਚ ਹੋਏ ਜਿਕਰਯੋਗ ਸੁਧਾਰਾਂ ਅਤੇ ਨਿਵੇਕਲੇ ਪਣ ਨੂੰ ਤਕਨੀਕੀ ਢੰਗ ਤਰੀਕੇ ਅਪਣਾਕੇ ਵਿਦਿਆਰਥੀਆਂ ਤੱਕ ਪਹੁੰਚਾਉਣਾ ਅਧਿਆਪਕਾਂ ਦਾ ਫ਼ਰਜ਼ ਹੈ ਅਤੇ ਅਧਿਆਪਕਾਂ ਨੂੰ ਇਹ ਫ਼ਰਜ਼ ਪੂਰੀ ਜੁਮੇਵਾਰੀ ਨਾਲ ਨਿਭਾਉਣਾ ਚਾਹੀਦਾ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਅਤੇ ਡੀ.ਐਮ.ਸੀ. ਦੇ ਮਾਹਰ ਡਾਕਟਰ ਬਿਸ਼ਵ ਮੋਹਨ ਨੇ ਕੋਵਿਡ-19 ਸਬੰਧੀ ਵਿਸਥਾਰ ਨਾਲ ਆਪਦੇ ਅਹਿਮ ਸੁਝਾਅ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਦਿੱਤੇ ਤਾਂ ਜੋ ਉਹ ਆਪਣੇ ਅਧਿਆਪਕਾਂ ਰਾਹੀਂ ਵਿਦਿਆਰਥੀਆਂ ਅਤੇ ਉਨ੍ਹਾ ਦੇ ਮਾਪਿਆਂ ਨੂੰ ਕੋਵਿਡ-19 ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰ ਸਕਣ