



(ਲੋਕ ਬਾਣੀ, )ਹਲਕਾ ਗੁਰੂਹਰਸਾਏ ਦੇ ਪਿੰਡ ਖੈਰੇ ਕੇ ਉਤਾੜ ਦੇ ਨਿਵਾਸੀ ਅੰਮ੍ਰਿਤਪਾਲ ਸਿੰਘ, ਜੋ ਪਿਛਲੇ ਦਿਨੀਂ ਗਲਤੀ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਚਲੇ ਗਏ ਸਨ, ਉਨ੍ਹਾਂ ਦੀ ਵਾਪਸੀ ਨੂੰ ਲੈ ਕੇ ਗੰਭੀਰ ਕੋਸ਼ਿਸ਼ਾਂ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਦਿੱਲੀ ਵਿਖੇ ਬੀਐੱਸਐੱਫ ਦੇ ਡੀਜੀਪੀ ਦਲਜੀਤ ਸਿੰਘ ਚੌਧਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਘੁਬਾਇਆ ਨੇ ਅੰਮ੍ਰਿਤਪਾਲ ਸਿੰਘ ਦੀ ਵਾਪਸੀ ਨੂੰ ਲੈ ਕੇ ਚਿੰਤਾ ਜਤਾਈ ਤੇ ਮਾਮਲੇ ਨੂੰ ਤੁਰੰਤ ਨਿਪਟਾਉਣ ਦੀ ਮੰਗ ਕੀਤੀ। ਡੀਜੀਪੀ ਨੇ ਭਰੋਸਾ ਦਿਵਾਇਆ ਕਿ ਅੰਮ੍ਰਿਤਪਾਲ ਸਿੰਘ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਲਈ ਉਚਿਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਹੱਦ ਰੇਖਾ ਦੇ ਪਾਰ ਪਏ ਪੰਜਾਬੀ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਉੱਤੇ ਵੀ ਵਿਸਥਾਰ ਨਾਲ ਚਰਚਾ ਹੋਈ। ਘੁਬਾਇਆ ਨੇ ਦੱਸਿਆ ਕਿ ਕਈ ਸਾਲਾਂ ਤੋਂ ਕਿਸਾਨ ਆਪਣੀਆਂ ਹੀ ਜ਼ਮੀਨਾਂ ਦੀ ਫਸਲ ਨਹੀਂ ਲੈ ਪਾ ਰਹੇ, ਜਿਸ ਕਰਕੇ ਉਨ੍ਹਾਂ ਨੂੰ ਵੱਡੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਜੀਪੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਸਰਹੱਦ ਦੀ ਤਾਰ ਤੋਂ ਪਾਰ ਜ਼ਮੀਨਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਹੱਲ ਲੱਭਣ ਲਈ ਬੀਐਸਐਫ ਪੱਖੋਂ ਯਤਨ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਨਿਆਂ ਦਿਵਾਇਆ ਜਾਵੇਗਾ।





