



ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਸ਼ੀਆ ਨੂੰ ਅਮਰੀਕਾ ਦੇ ਸੈਕਰਾਮੈਂਟੋ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਕੇਂਦਰੀ ਏਜੰਸੀਆਂ ਉਸਨੂੰ ਜਲਦੀ ਹੀ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਕਰ ਰਹੀਆਂ ਹਨ। ਹੈਪੀ ਪਸ਼ੀਆ ਨੂੰ 17 ਅਪ੍ਰੈਲ ਨੂੰ FBI ਅਤੇ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਦੇ ਸਾਂਝੇ ਆਪ੍ਰੇਸ਼ਨ ਵਿੱਚ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।ਉਸਨੂੰ ਹੁਣ ਦਿੱਲੀ ਹਵਾਈ ਅੱਡੇ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਹੈ। ਹੈਪੀ ਪਸੀਆ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਮਿਲ ਕੇ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਅਮਰੀਕੀ ਅਧਿਕਾਰੀਆਂ ਨਾਲ ਲਗਾਤਾਰ ਖੁਫੀਆ ਜਾਣਕਾਰੀ ਸਾਂਝੀ ਕਰਕੇ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਹੋਈ ਸੀ।NIA ਨੇ ਸਤੰਬਰ 2024 ਵਿੱਚ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਇਹ ਹਮਲਾ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਘਰ ਕੀਤਾ ਗਿਆ ਸੀ। ਹੈਪੀ ਪਸ਼ੀਆ ਦਾ ਅੱਤਵਾਦੀ ਗਤੀਵਿਧੀਆਂ ਦਾ ਲੰਮਾ ਇਤਿਹਾਸ ਹੈ। ਉਹ 2023 ਅਤੇ 2025 ਦੇ ਵਿਚਕਾਰ ਪੰਜਾਬ ਵਿੱਚ 16 ਤੋਂ ਵੱਧ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 14 ਗ੍ਰਨੇਡ ਹਮਲੇ, ਇੱਕ IED ਧਮਾਕਾ ਅਤੇ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਹਮਲਾ ਸ਼ਾਮਲ ਸੀ। ਇਨ੍ਹਾਂ ਵਿੱਚੋਂ ਬਹੁਤ ਸਾਰੇ ਹਮਲਿਆਂ ਵਿੱਚ ਪੁਲਿਸ ਸਟੇਸ਼ਨਾਂ, ਧਾਰਮਿਕ ਸਥਾਨਾਂ ਅਤੇ ਜਨਤਕ ਹਸਤੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਹੈਪੀ ਅੰਮ੍ਰਿਤਸਰ ਦੇ ਪਸ਼ੀਆ ਪਿੰਡ ਦਾ ਰਹਿਣ ਵਾਲਾ ਹੈ। ਉਸਨੇ ਸ਼ੁਰੂ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਨਾਲ ਕੰਮ ਕੀਤਾ ਅਤੇ ਬਾਅਦ ਵਿੱਚ ਪਾਕਿਸਤਾਨ ਸਥਿਤ BKI ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਗਿਰੋਹ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਮਿਲ ਕੇ ਪੰਜਾਬ ਵਿੱਚ ਦਹਿਸ਼ਤ ਅਤੇ ਜਬਰੀ ਵਸੂਲੀ ਦਾ ਇੱਕ ਨੈੱਟਵਰਕ ਬਣਾਇਆ





