ਪਟਵਾਰੀ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਪਟਵਾਰੀ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਮੋਹਾਲੀ ( ਪੰਕਜ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਸੀ।ਉਹ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦੇ ਚੁੱਕਾ ਹੈ। ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।