Friday, November 15, 2024
Breaking Newsਪੰਜਾਬਮੁੱਖ ਖਬਰਾਂ

ਆਸ਼ੂ ਵੱਲੋਂ ਮਿੱਟੀ ਪਰਖਣ ਦੇ ਕੰਮ ਦਾ ਉਦਘਾਟਨ……..

ਆਸ਼ੂ ਵੱਲੋਂ ਮਿੱਟੀ ਪਰਖਣ ਦੇ ਕੰਮ ਦਾ ਉਦਘਾਟਨ……..
ਲੁਧਿਆਣਾ, (ਸੁਖਚੈਨ ਮਹਿਰਾ,ਰਾਮ ਰਾਜਪੂਤ,) – ਵਸਨੀਕਾਂ ਲਈ ਇਕ ਹੋਰ ਚੰਗੀ ਖ਼ਬਰ ਹੈ ਕਿ ਸੋਇਲ ਟੈਸਟਿੰਗ ਦੇ ਕੰਮ ਦੀ ਸ਼ੁਰੂਆਤ ਨਾਲ ਅੱਜ ਪਿੰਡ ਜੈਨਪੁਰ ਵਿੱਚ ਇਕ ਅਤਿ-ਆਧੁਨਿਕ ਸਪੋਰਟਸ ਪਾਰਕ ਦੀ ਉਸਾਰੀ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਸਪੋਰਟਸ ਪਾਰਕ ਪਿੰਡ ਜੈਨਪੁਰ ਵਿਖੇ 30 ਏਕੜ ਰਕਬੇ ਵਿਚ ਤਿਆਰ ਕੀਤਾ ਜਾ ਰਿਹਾ ਹੈ ਜਿੱਥੇ ਪਹਿਲਾਂ ਕੂੜਾ ਕਰਕਟ ਮੌਜੂਦ ਹੁੰਦਾ ਸੀ।
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੋਇਲ ਟੈਸਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਦੱਖਣੀ) ਸ੍ਰੀ ਅਮ੍ਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਇੱਥੋਂ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸੋਇਲ ਟੈਸਟਿੰਗ ਮਾਹਰ ਵੀ ਹਾਜ਼ਰ ਸਨ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਕ੍ਰਿਕਟ, ਫੁੱਟਬਾਲ, ਹਾਕੀ, ਲਾਅਨ ਟੈਨਿਸ ਆਦਿ ਦੇ ਖੇਡ ਮੈਦਾਨ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਆ ਰਿਹਾ ਹੈ ਅਤੇ ਇਸ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਮਾਹਰਾਂ ਦੀ ਟੀਮ ਨੂੰ ਇਸ ਪ੍ਰਾਜੈਕਟ ਦੀ ਸੋਇਲ ਟੈਸਟਿੰਗ ਲਈ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਇਸ ਜਗ੍ਹਾ ‘ਤੇ ਪਹਿਲਾਂ ਕੂੜਾ ਕਰਕਟ ਮੌਜੂਦ ਸੀ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਵਾਲੀ ਜਗ੍ਹਾ ਨੂੰ ਸਪੋਰਟਸ ਪਾਰਕ ਬਣਾ ਕੇ ਉਪਯੋਗੀ ਬਣਾਇਆ ਜਾ ਰਿਹਾ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਮਿੱਟੀ ਦੀ ਪਰਖ ਪੂਰੀ ਹੋਣ ਤੋਂ ਬਾਅਦ ਇੱਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕੀਤੀ ਜਾਵੇੇਗੀ, ਜਿਸ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਵਸਨੀਕਾਂ, ਖ਼ਾਸਕਰ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੂਬੇ ਦਾ ਇੱਕ ਅਜਿਹਾ ਸਪੋਰਟਸ ਪਾਰਕ ਹੋਵੇਗਾ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਉਭਰਦੇ ਖਿਡਾਰੀਆਂ ਲਈ ਲਾਹੇਵੰਦ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਹਰ ਮੌਸਮ ਇਨਡੋਰ ਸਵੀਮਿੰਗ ਪੂਲ ਦੇ ਟੈਂਡਰ ਪਹਿਲਾਂ ਹੀ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸੰਬੰਧੀ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਚ ਇਕ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਬਾਸਕਟਬਾਲ ਕੋਰਟ ਅਤੇ ਸ਼ਾਸਤਰੀ ਹਾਲ ਵਿਖੇ ਬੈਡਮਿੰਟਨ ਕੋਰਟ ਦਾ ਵਿਕਾਸ, ਟੇਬਲ ਟੈਨਿਸ ਸਟੇਡੀਅਮ ਤੋਂ ਇਲਾਵਾ ਹੋਰ ਸ਼ਾਮਲ ਹਨ।
ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਟਾਫ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਹਫ਼ਤਾਵਾਰ ਦੇ ਅਧਾਰ ‘ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਤਰਫੋਂ ਕੋਈ ਖਾਮੀ ਪਾਈ ਗਈ ਤਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਅਧੀਨ ਬੁੱਢੇ ਨਾਲੇ ਦੀ ਸਫ਼ਾਈ ਲਈ ਇੱਕ ਪੋਕ ਲੇਨ ਮਸ਼ੀਨ ਦੀ ਖਰੀਦ ਵੀ ਕੀਤੀ ਗਈ ਜਿਸਦੀ ਸ਼ੁ਼ਰੂਆਤ ਅੱਜ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ‘ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

Share the News

Lok Bani

you can find latest news national sports news business news international news entertainment news and local news