ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਕੀ ਕੀਤੀ ਲੋਕਾਂ ਨੂੰ ਅਪੀਲ
ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਕੀ ਕੀਤੀ ਲੋਕਾਂ ਨੂੰ ਅਪੀਲ
ਜਲੰਧਰ, 23 ਫਰਵਰੀ ( ਅਮਿਤ ਅਰੋੜਾ ,ਰਾਕੇਸ਼ ਵਰਮਾ )
ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਆਪਣੀਆਂ ਕੀਮਤੀ ਜਾਨਾਂ ਬਚਾਉਣ ਲਈ ਕੋਵਿਡ ਸਾਵਧਾਨੀਆਂ ਅਤੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਵਾਇਰਸ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਲੋਕਾਂ ਨੂੰ ਕੋਵਿਡ 19 ਮਹਾਂਮਾਰੀ ਨੂੰ ਫੈਲਣ ਦੀ ਰੋਕਣ ਲਈ ਆਤਮ ਸੰਜਮ ਦੀ ਵਰਤੋਂ ਕਰਨੀ ਚਾਹੀਦੀ ਹੈ। ਸ਼੍ਰੀ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਲਾਜ਼ਮੀ ਕੋਵਿਡ ਪ੍ਰੋਟੋਕਾਲਜ਼ ਨੂੰ ਲਾਗੂ ਕਰਨ ਲਈ ਆਪਣਾ ਫਰਜ਼ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਪਰ ਲੋਕਾਂ ਨੂੰ ਵੀ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਸਵੈਇੱਛਤ ਤੌਰ ‘ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਨੂੰ ਹੋਰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤੇ ਮਾਸਕ ਪਹਿਨਣਾ ਚਾਹੀਦਾ ਹੈ ਅਤੇ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਨੇ ਪਹਿਲਾਂ ਹੀ ਕੋਰੋਨਾ ਵਾਇਰਸ ਦਾ ਸਫਲਤਾਪੂਰਵਕ ਟਾਕਰਾ ਕੀਤਾ ਹੈ ਅਤੇ ਹੁਣ ਜਦੋਂ ਵਾਇਰਸ ਦਾ ਖ਼ਤਰਾ ਇਕ ਵਾਰ ਫਿਰ ਵਧ ਰਿਹਾ ਹੈ ਤਾਂ ਲੋਕਾਂ ਦੀ ਭੂਮਿਕਾ ਵੀ ਕਈ ਗੁਣਾ ਵਧ ਗਈ ਹੈ । ਸ਼੍ਰੀ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਨੂੰ ਹੋਰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਨੂੰ ਇਸ ਦੇ ਕਹਿਰ ਤੋਂ ਬਚਾਇਆ ਜਾ ਸਕੇ। ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਲੋਕਾਂ ਦੇ ਹਿੱਤ ਵਿੱਚ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਸ਼੍ਰੀ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।