ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਵਾਟ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਜਾਰੀ
ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਵਾਟ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਜਾਰੀ
ਗੁਰਦਾਸਪੁਰ-ਨਵਨੀਤ ਕੁਮਾਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ.ਐਸ. ਪੰਨੂ ਅਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਰੇਖਾ ਸਰਮਾਂ ’ਤੇ ਅਧਾਰਤ ਟੀਮ ਨੇ ਅੱਜ ਇੱਕ ਵਾਰ ਫਿਰ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਟੀਮ ਵੱਲੋਂ ਦੁੱਧ ਦੀਆਂ ਡੇਹਰੀਆਂ ’ਤੇ ਵੀ ਚੈਕਿੰਗ ਕੀਤੀ ਅਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਭਰੇ। ਡਾ. ਜੀ.ਐੱਸ. ਪੰਨੂ ਨੇ ਕਿਹਾ ਕਿ ਫੂਡ ਸੇਫ਼ਟੀ ਟੀਮ ਵੱਲੋਂ ਜਿਹੜੇ ਸੈਂਪਲ ਭਰੇ ਗਏ ਹਨ ਉਨ੍ਹਾਂ ਨੂੰ ਜਾਂਚ ਲਈ ਖਰੜ ਲੈਬ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਕਿਸੇ ਦੁਕਾਨਦਾਰ ਜਾਂ ਡੇਅਰੀ ਵਾਲੇ ਦਾ ਸੈਂਪਲ ਫੇਲ੍ਹ ਹੋਇਆ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਅਤੇ ਤਿਆਰ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਉਨਾਂ ਨੂੰ ਫੂਡ ਸੇਫ਼ਟੀ ਦੀਆਂ ਜਰੂਰੀ ਹਦਾਇਤਾਂ ਬਾਰੇ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਸਮੇਤ ਹਰ ਤਰਾਂ ਦੇ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਚੈਕਿੰਗ ਅਤੇ ਸੈਪਲਿੰਗ ਮੁਹਿੰਮ ਜਾਰੀ ਰਹੇਗੀ।