ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ
ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ
ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ
ਗੁਰਦਾਸਪੁਰ, 26 ਅਕਤੂਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ 147 ਪਾਰਕਾਂ ਦਾ ਰੱਖ-ਰਖਾਵ ਵਧੀਆ ਢੰਗ ਨਾਲ ਕੀਤਾ ਜਾਵੇ ਤਾਂ ਲੋਕ ਇਨ੍ਹਾਂ ਪਾਰਕਾਂ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਦੀ ਵਸੋਂ ਦੀ ਸਹੂਲਤ ਲਈ ਇਹ ਪਾਰਕਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਦਾ ਰੱਖ-ਰਖਾਵ ਅਤੇ ਦੇਖ-ਭਾਲ ਕਰਨੀ ਪੰਚਾਇਤ ਵਿਭਾਗ ਤੇ ਪੰਚਾਇਤਾਂ ਦੀ ਸਮੂਹਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਪਰਾਕਾਂ ਦੀ ਸਫਾਈ ਅਤੇ ਸੁੰਦਰ ਦਿੱਖ ਦੇਣ ਦੇ ਨਾਲ ਹੋਰ ਲੋੜੀਂਦੀ ਕਾਰਵਾਈ ਕਰਕੇ ਇਸਦੀ ਰੀਪੋਰਟ ਪੇਸ਼ ਕੀਤੀ ਜਾਵੇੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਕਟਾਈ ਹੋਣ ਕਾਰਨ ਖੇਤ ਖਾਲੀ ਪਏ ਹਨ ਅਤੇ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨ੍ਹਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਬਲਾਕਾਂ ਵਿੱਚ ਪੂਰੀ ਚੌਕਸੀ ਵਰਤਦੇ ਹੋਏ ਇਹ ਵੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬਲਾਕ ਵਿੱਚ ਕਿਤੇ ਨਜ਼ਾਇਜ ਮਾਈਨਿੰਗ ਨਾ ਹੋਵੇ। ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਕੱਟੀਆਂ ਜਾ ਰਹੀਆਂ ਨਜ਼ਾਇਜ ਕਲੋਨੀਆਂ ਨੂੰ ਵੀ ਰੋਕਿਆ ਜਾਵੇ ਅਤੇ ਇਸਦੀ ਰੀਪੋਰਟ ਡੀ.ਸੀ. ਦਫ਼ਤਰ ਨੂੰ ਭੇਜੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਨਰੇਗਾ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਨੇ ਪੰਚਾਇਤ ਵਿਭਾਗ ਦੀ ਪ੍ਰਗਤੀ ਰੀਪੋਰਟ ਪੇਸ਼ ਕਰਦਿਆਂ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਅੰਕੜਾ ਵਿਭਾਗ ਦੇ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਰ ਸਨ।