



ਚੰਡੀਗੜ੍ਹ:Employ On Pention:ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ) ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਮਿਤੀ 18 ਫਰਵਰੀ 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸਾਲ 2016 ਅਤੇ ਸਾਲ 2017 ਦੇ ਬਣਦੇ ਬਕਾਏ ਦੀ ਅਦਾਇਗੀ ਤੁਰੰਤ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਅਫਸੋਸ ਪ੍ਰਗਟ ਕੀਤਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਦੇ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਨਾ ਤਾਂ ਇਹ ਬਕਾਇਆ ਕਢਵਾਉਣ ਲਈ ਆਈ ਐੱਚ ਆਰ ਐਮ ਐਸ ਪੋਰਟਲ ਤੇ ਕੋਈ ਵਿਵਸਥਾ ਕੀਤੀ ਹੈ ਅਤੇ ਨਾ ਹੀ ਵੱਖ ਵੱਖ ਵਿਭਾਗਾਂ ਦੇ ਡੀ ਡੀ ਓ ਨੂੰ ਕੋਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਥੇਬੰਦੀ ਦੇ ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾਈ ਵਰਕਿੰਗ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਤੇ ਗੁਰਜੀਤ ਸਿੰਘ ਘੋੜੇਵਾਹ , ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਮੁੱਖ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸੋਧੀ ਹੋਈ ਲੀਵ ਇਨਕੈਸ਼ਮੈਂਟ ਦੇ ਬਣਦੇ ਬਕਾਏ ਨੋਟੀਫਿਕੇਸ਼ਨ ਅਨੁਸਾਰ ਪਹਿਲੀ ਕਿਸ਼ਤ ਵਜੋਂ 25 ਫੀਸਦੀ ਦੀ ਅਦਾਇਗੀ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 3 ਜੁਲਾਈ ਨੂੰ ਪੰਜਾਬ ਦੇ ਸਾਰੇ ਖਜ਼ਾਨਾ ਦਫਤਰਾਂ ਸਾਹਮਣੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਐਕਸ਼ਨ ਕਰਨ ਤੋਂ ਬਾਅਦ ਮਿਲਣੀ ਸੰਭਵ ਹੋਈ ਹੈ।
ਆਗੂਆਂ ਨੇ ਅੱਗੇ ਦੱਸਿਆ ਕਿ 24 ਜੁਲਾਈ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾ ਕਾਰਜਕਾਰਨੀਂ ਕਮੇਟੀ ਦੀ ਹੋ ਰਹੀ ਮੀਟਿੰਗ ਦੌਰਾਨ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ।





