ਚੰਡੀਗ੍ਹੜ,ਲੋਕਬਾਣੀ--Punjab Teachers Transfer updates:- ਇਸ ਵੇਲੇ ਦੀ ਵੱਡੀ ਖ਼ਬਰ ਲੰਮੇ ਸਮੇਂ ਤੋਂ ਆਪਣੀਆਂ ਬਦਲੀਆਂ (Transfers) ਦੀ ਉਡੀਕ ਕਰ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਸਿੱਖਿਆ ਵਿਭਾਗ ਨੇ ਇੱਕ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEOs) ਕੋਲ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਡਿਊਟੀ ‘ਤੇ ਤਾਇਨਾਤ ਕੀਤੇ ਗਏ ਸਟਾਫ਼ ਦੀਆਂ ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਵਿਭਾਗ ਦੇ ਇਸ ਫੈਸਲੇ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਫੈਸਲੇ ਤੋਂ ਪ੍ਰਭਾਵਿਤ ਅਧਿਆਪਕਾਂ ਅਤੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਚੋਣ ਕਮਿਸ਼ਨ ਦੇ ਹੁਕਮਾਂ ਦਾ ਗਲਤ ਮਤਲਬ ਕੱਢਿਆ ਹੈ। ਉਨ੍ਹਾਂ ਮੁਤਾਬਕ ਚੋਣ ਕਮਿਸ਼ਨ ਦੇ ਨਿਯਮ ਸਿਰਫ਼ ਡੀ.ਈ.ਓ. (DEO), ਈ.ਆਰ.ਓ. (ERO) ਅਤੇ ਏ.ਈ.ਆਰ.ਓ. (AERO) ਵਰਗੇ ਉੱਚ ਅਧਿਕਾਰੀਆਂ ਦੀਆਂ ਬਦਲੀਆਂ ‘ਤੇ ਰੋਕ ਲਗਾਉਂਦੇ ਹਨ, ਕਿਉਂਕਿ ਉਹ ਸਿੱਧੇ ਤੌਰ ‘ਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਜ਼ਿੰਮੇਵਾਰ ਹੁੰਦੇ ਹਨ। ਇਸ ਦੀ ਆੜ ਵਿੱਚ ਆਮ ਅਧਿਆਪਕਾਂ ਦੀਆਂ ਬਦਲੀਆਂ ਰੋਕਣਾ ਸਰਾਸਰ ਗਲਤ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਨੇ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਅਧਿਆਪਕ ਗੰਭੀਰ ਪਰਿਵਾਰਕ, ਸਿਹਤ ਅਤੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਬਦਲੀਆਂ ਹੋਣ ਦੀ ਉਡੀਕ ਕਰ ਰਹੇ ਹਨ, ਪਰ ਵਿਭਾਗ ਦੇ ਨਵੇਂ ਹੁਕਮਾਂ ਰਾਹੀਂ ਉਨ੍ਹਾਂ ਦੇ ਜਾਇਜ਼ ਹੱਕਾਂ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਨਾਲ ਐੱਸ.ਆਈ.ਆਰ. 2026 ਦੌਰਾਨ ਚੋਣ ਡਿਊਟੀ ਕਰਨ ਵਾਲੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ।
ਡੀ.ਟੀ.ਐੱਫ. ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਵਿਭਾਗ ਨੂੰ ਘੇਰਦਿਆਂ ਕਿਹਾ, “ਪੰਜਾਬ ਦੇ ਅਧਿਆਪਕ ਪਹਿਲਾਂ ਹੀ ਗ਼ੈਰ-ਅਕਾਦਮਿਕ ਕੰਮਾਂ ਦੇ ਬੋਝ ਹੇਠ ਬੁਰੀ ਤਰ੍ਹਾਂ ਦੱਬੇ ਹੋਏ ਹਨ। ਸਕੂਲਾਂ ਵਿੱਚ ਪੜ੍ਹਾਉਣ ਤੋਂ ਇਲਾਵਾ, ਉਨ੍ਹਾਂ ਸਿਰ ਵੱਖ-ਵੱਖ ਸਰਵੇਖਣਾਂ, ਮਰਦਮਸ਼ੁਮਾਰੀ ਅਤੇ ਚੋਣ ਡਿਊਟੀਆਂ ਦਾ ਵਾਧੂ ਬੋਝ ਪਾਇਆ ਹੋਇਆ ਹੈ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਅਤੇ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਹੁਣ ਜਾਇਜ਼ ਬਦਲੀਆਂ ‘ਤੇ ਵੀ ਮੁਕੰਮਲ ਰੋਕ ਲਗਾ ਕੇ ਅਧਿਕਾਰੀ ਅਧਿਆਪਕਾਂ ਨੂੰ ਹੋਰ ਮਾਨਸਿਕ ਪਰੇਸ਼ਾਨੀ ਵੱਲ ਧੱਕ ਰਹੇ ਹਨ।
ਡੀ.ਟੀ.ਐੱਫ. ਆਗੂਆਂ ਨੇ ਸਪਸ਼ਟ ਤੌਰ ‘ਤੇ ਤਰਕ ਦਿੱਤਾ ਕਿ ਜੇਕਰ ਕੋਈ ਅਧਿਆਪਕ ਬੀ.ਐੱਲ.ਓ. (BLO) ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਡਿਊਟੀ ਕਰ ਰਿਹਾ ਹੈ, ਤਾਂ ਬਦਲੀ ਹੋਣ ਦੀ ਸੂਰਤ ਵਿੱਚ ਉਸ ਦੀ ਡਿਊਟੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਵੀ ਜਾਰੀ ਰੱਖੀ ਜਾ ਸਕਦੀ ਹੈ ਜਾਂ ਲੋੜ ਪੈਣ ‘ਤੇ ਵਿਭਾਗ ਕੋਈ ਬਦਲਵਾਂ ਪ੍ਰਬੰਧ ਕਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਡਿਊਟੀਆਂ ਦਾ ਬਹਾਨਾ ਬਣਾ ਕੇ ਬਦਲੀਆਂ ‘ਤੇ ਲਗਾਈ ਗਈ ਮੁਕੰਮਲ ਰੋਕ ਨੂੰ ਤੁਰੰਤ ਹਟਾਇਆ ਜਾਵੇ।
