ਚੰਡੀਗ੍ਹੜ,ਲੋਕਬਾਣੀ--ਚੰਡੀਗ੍ਹੜ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਵਧਾਈਆਂ ਜਾਂਦੀਆਂ ਫੀਸਾਂ ਨੂੰ ਲੈਕੇ ਵੱਡਾ ਫੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਪ੍ਰਤੀ ਸਾਲ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ 15% ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ, ਸੀਐਮ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ। ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਹ ਕਾਨੂੰਨ ਪੇਸ਼ ਕੀਤਾ ਜਾਵੇਗਾ। ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਾਨੂੰਨ ਨੂੰ ਰੱਦ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਲਿਆ ਹੈ।
ਸੀਐਮ ਮਾਨ ਨੇ ਕਿਹਾ ਕਿ ਫੀਸ ਵਾਧੇ ਸੰਬੰਧੀ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਹੁਣ ਤੱਕ ਡੀਈਓ ਦਫ਼ਤਰ ਵਿੱਚ ਆਈਆਂ ਹਨ। ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਸਬੰਧਤ ਸਕੂਲ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਕੂਲ ਕਿਸੇ ਇੱਕ ਖਾਸ ਦੁਕਾਨ ਤੋਂ ਬੱਚਿਆਂ ਲਈ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਾਪਿਆਂ ਨੂੰ ਮਜ਼ਬੂਰ ਨਹੀਂ ਕਰੇਗਾ। ਉਨ੍ਹਾਂ ਨੂੰ ਪਹਿਲਾਂ ਹੀ ਸੰਬੰਧਿਤ ਸਾਰੀ ਜਾਣਕਾਰੀ ਸਾਂਝੀ ਕਰਨੀ ਪਵੇਗੀ।
