• Sunday, 19 April 2026
Advertisement Advertisement
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ

16 Apr 2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ

ਫਿਲੌਰ, (ਜਲੰਧਰ), 15 ਅਪ੍ਰੈਲ /ਲੋਕ ਬਾਣੀ 

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਐਕਡਮੀ ਵਿਖੇ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟ੍ਰੇਨਿੰਗ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

 

 

 

ਵਰਕਸ਼ਾਪ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪਾਸ ਸਲਾਨਾ ਪੱਧਰ ’ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪੁੱਜਦੀਆਂ ਹਨ, ਜਿਨ੍ਹਾਂ ਵਿੱਚ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੇ ਜ਼ਮੀਨੀ ਪੱਧਰ ’ਤੇ ਅਤੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਪੰਜਾਬ ਸਰਕਾਰ, ਐਸ.ਸੀ.ਕਮਿਸ਼ਨ ਤੇ ਪੁਲਿਸ ਵਿਭਾਗ ਵੱਲੋਂ ਵਿਸਥਾਰਤ ਚਰਚਾ ਉਪਰੰਤ ਪੁਲਿਸ ਅਧਿਕਾਰੀਆਂ ਦੀ ਟ੍ਰੇਨਿੰਗ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ ਬਾਰੇ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ।

 

 

 

ਸ਼੍ਰੀ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਅਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਦਕਾ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ।

 

 

 

ਉਨ੍ਹਾਂ ਦੱਸਿਆ ਕਿ ਅੱਜ ਦੇ ਸੈਸ਼ਨ ਵਿੱਚ 78 ਦੇ ਕਰੀਬ ਡੀ.ਐਸ.ਪੀ. ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਟ੍ਰੇਨਿੰਗ ਸੈਸ਼ਨ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੀਨੀਅਰ ਵਕੀਲ ਸਾਹਿਬਾਨ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

 

 

 

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਨਾਲ-ਨਾਲ ਹਰ ਵਰਗ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਪੂਰੀ ਸੰਜੀਦਗੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

 

ਟ੍ਰੇਨਿੰਗ ਪ੍ਰੋਗਰਾਮ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ.-ਕਮ-ਡਾਇਰੈਕਟਰ ਅਨੀਤਾ ਪੁੰਜ ਦਾ ਵਿਸ਼ੇਸ਼ ਯੋਗਦਾਨ ਰਿਹਾ।

 

ਟ੍ਰੇਨਿੰਗ ਸੈਸ਼ਨ ਦੌਰਾਨ ਵੱਖ-ਵੱਖ ਮਾਹਰਾਂ ਵੱਲੋਂ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Published on: 16 Apr 2026

Amandeep Mehra
📣 Share this post

Latest News