ਚੰਡੀਗ੍ਹੜ,ਲੋਕਬਾਣੀ--ਇਸ ਸ਼ਹਿਰ ਦੀ ਵੱਡੀ ਖ਼ਬਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ. ਸਟਾਫ਼, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨੌਰੰਗ ਕੇ ਲੇਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਸ਼ਿਕਾਇਤ ਅਨੁਸਾਰ, ਏਐਸਆਈ ਗੁਰਜੀਤ ਸਿੰਘ ਨੇ ਉਸਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਜ਼ਮਾਨਤ ਲਈ ਮਦਦ ਕਰਨ ਦੇ ਬਦਲੇ 2.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਦੋਸ਼ੀ ਨੇ ਕਥਿਤ ਤੌਰ ’ਤੇ ਦਾਅਵਾ ਕੀਤਾ ਕਿ ਇਹ ਰਕਮ ਸੀਆਈਏ ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਤੱਕ ਪਹੁੰਚਾਈ ਜਾਣੀ ਹੈ।
ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋ ਗਿਆ ਅਤੇ ਸ਼ਿਕਾਇਤਕਰਤਾ ਵੱਲੋਂ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਸਨ। ਜਦੋਂ ਦੋਸ਼ੀ ਨੇ ਬਾਕੀ ਰਕਮ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਟੀਮ ਨੇ ਯੋਜਨਾਬੱਧ ਕਾਰਵਾਈ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਗੁਰਜੀਤ ਸਿੰਘ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ।
