



ਬਠਿੰਡਾ:Protest Against Punjab Goverment:ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ ਕਾਰਨ ਸਮੁੱਚੇ ਮੁਲਾਜ਼ਮ ਵਰਗ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕਾਂ ਦੀ ਪ੍ਰਤੀਨਿਧ ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੂਆਣਾ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਹਥਿਆਉਣ ਵਾਲੀ ਆਪ ਸਰਕਾਰ ਵੱਲੋਂ ਆਪਣੇ ਸੱਤਾ ਕਾਲ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੇ ਵੀ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਗਿਆ। ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਪੰਜਾਬ ਦੇ ਲੱਗਭਗ ਸਾਢੇ ਤਿੰਨ ਲੱਖ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਨਿਗੂਣੀ ਪੈਨਸ਼ਨ ਲੈਣ ਲਈ ਮਜਬੂਰ ਹਨ।
ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ , ਮੀਤ ਪ੍ਰਧਾਨ ਵਿਕਾਸ ਗਰਗ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ,ਵਿੱਤ ਸਕੱਤਰ ਅਨਿਲ ਭੱਟ ਅਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਸੂਬਾ ਸਰਕਾਰ ਦੀ ਹੱਠ ਧਰਮੀ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਤਰਜ਼ ਤੇ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਇੱਕ ਦਿਨ ਲਈ ਵਿਧਾਇਕ ਜਾਂ ਮੰਤਰੀ ਬਣਿਆਂ ਵਿਅਕਤੀ ਪੈਨਸ਼ਨ ਲੈਣ ਦਾ ਹੱਕਦਾਰ ਹੈ ਪ੍ਰੰਤੂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਵਿਦਿਆਰਥੀਆਂ ਦੇ ਲੇਖੇ ਲਾਉਣ ਵਾਲਾ ਅਧਿਆਪਕ ਨਿਗੂਣੀ ਜਿਹੀ ਪੈਨਸ਼ਨ ਲੈਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ, ਐਨ ਐਸ ਕਿਉਂ, ਐਫ਼ ਅਧਿਆਪਕ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਸਮੇਤ ਵੱਖ ਵੱਖ ਕੈਟਾਗਰੀਆਂ ਦੇ ਵਲੰਟੀਅਰ ਅਧਿਆਪਕਾਂ ਤੋਂ ਪੈਨਸ਼ਨ ਦਾ ਹੱਕ ਖੋਹ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾਂ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਮਾਰ ਝੱਲ ਰਿਹਾ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ 12 ਅਗੱਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ, ਪੇਂਡੂ ਭੱਤੇ ਸਮੇਤ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਦੀ ਮੁੜ ਬਹਾਲੀ, ਡੀ ,ਏ, ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ, ਜੁਲਾਈ 2017 ਤੋਂ ਬਾਅਦ ਭਰਤੀ ਕੀਤੇ ਅਧਿਆਪਕਾਂ ਨੂੰ ਸੂਬੇ ਦਾ ਤਨਖਾਹ ਸਕੇਲ ਜਾਰੀ ਕਰਵਾਉਣ ਹਿੱਤ,ਬੰਦ ਕੀਤੀ ਏ,ਸੀ,ਪੀ, ਸਕੀਮ ਮੁੜ ਲਾਗੂ ਕਰਵਾਉਣ ਲਈ ਸੂਬਾ ਕਮੇਟੀ ਵੱਲੋਂ ਪੂਰੇ ਪੰਜਾਬ ਅੰਦਰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਫੂਕਣ ਦੇ ਦਿੱਤੇ ਪ੍ਰੋਗਰਾਮ ਤਹਿਤ ਬਠਿੰਡਾ ਜਿਲੇ ਅੰਦਰ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੈਨਸ਼ਨ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ।
ਸੰਘਰਸ਼ ਦੀ ਲਗਾਤਾਰਤਾ ਵਿਚ 24 ਅਗੱਸਤ ਨੂੰ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਦ੍ਰਿੜਤਾ ਨਾਲ ਲੜਾਈ ਜਾਰੀ ਰੱਖੀ ਜਾਵੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਾ ਕਮੇਟੀ ਮੈਂਬਰ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਭੋਲਾ ਤਲਵੰਡੀ ,ਭੁਪਿੰਦਰ ਸਿੰਘ ਮਾਈਸਰਖਾਨਾ ,ਬਲਕਰਨ ਸਿੰਘ ਕੋਟ ਸ਼ਮੀਰ,ਰਾਜਵਿੰਦਰ ਸਿੰਘ ਜਲਾਲ ਅਤੇ ਅਸ਼ਵਨੀ ਡੱਬਵਾਲੀ ਵੀ ਹਾਜ਼ਰ ਸਨ।





