



ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕਰਤੂਤ ਪੜ੍ਹ ਕੇ ਹੋਵੋਗੇ ਹੈਰਾਨ
ਚੰਡੀਗੜ੍ਹ, ਵਿਨੋਦ ਸ਼ਰਮਾ -ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ‘ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ


